ਐਲਾਨਾਂ 'ਤੇ ਅਮਲ ਨਾਂ ਹੋਇਆ ਤਾਂ ਰੇਲਾਂ ਜਾਮ ਕਰਾਂਗੇ
*ਮਜ਼ਦੂਰ ਆਗੂਆਂ ਨਾਲ ਮੀਟਿੰਗ 'ਚ ਮੁੱਖ ਮੰਤਰੀ ਵੱਲੋਂ ਕਈ ਮੰਗਾਂ ਪ੍ਰਵਾਨ
*ਪਲਾਟ ਦੇਣ ਤੇ ਬਿਜਲੀ ਮੀਟਰ ਤੁਰੰਤ ਜੋੜਨ ਸਮੇਤ ਕਈ ਮੰਗਾਂ ਪ੍ਰਵਾਨ
*ਕੋਆਪ੍ਰੇਟਿਵ ਸੋਸਾਇਟੀਆਂ 'ਚ 25 ਫੀਸਦੀ ਰਾਖਵਾਂਕਰਨ
*ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਕਰਜ਼ਾ ਦੇਣ ਦਾ ਐਲਾਨ
ਚੰਡੀਗੜ੍ਹ: 24 ਨਵੰਬਰ 2021: (ਲਛਮਣ ਸਿੰਘ ਸੇਵੇਵਾਲਾ//ਇਨਪੁੱਟ ਮੁਲਾਜ਼ਮ ਸਕਰੀਨ ਡੈਸਕ)::
ਚਰਨਜੀਤ ਸਿੰਘ ਚੰਨੀ ਨੇ ਜਦੋਂ ਦਾ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਹੀ ਕਰੀਬ ਹਰ ਖੇਤਰ ਵਿਛਕ ਜਾ ਕੇ ਵੱਖ ਵੱਖ ਵਰਗਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਨ ਵੀ ਰਹੇ ਹਨ ਅਤੇ ਹੱਲ ਵੀ ਕਰ ਰਹੇ ਹਨ। ਹਾਲ ਹੀ ਵਿੱਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਨੇ ਵੀ ਉਹਨਾਂ ਨਾਲ ਮੁਲਾਕਾਤ ਕੀਤੀ।
ਮਜ਼ਦੂਰ ਜੱਥੇਬੰਦੀਆਂ ਵੱਲੋਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਵਾਅਦਿਆਂ ਤੇ ਖੁਸ਼ੀ ਭਰਿਆ ਹੁੰਗਾਰਾ ਵੀ ਪ੍ਰਗਟਾਇਆ ਗਿਆ ਹੈ ਅਤੇ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ। ਇਸਦੇ ਨਾਲ ਹੀ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਵਾਅਦਿਆਂ ਤੇ ਅਮਲ ਨਾ ਹੋਇਆ ਤਾਂ ਫਿਰ ਮੁਲਾਜ਼ਮਾਂ ਵੱਲੋਂ ਰੇਲਾਂ ਵੀ ਜੈਮ ਕੀਤੀਆਂ ਜਾਣਗੀਆਂ।
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ ਕੱਲ ਦੇਰ ਰਾਤ ਤੱਕ ਢਾਈ ਘੰਟਿਆਂ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਬੇਘਰਿਆਂ ਦੇ ਨਾਲ ਲੋੜਵੰਦਾਂ ਨੂੰ ਵੀ ਪਲਾਟ ਦੇਣ, ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਤੁਰੰਤ ਜੋੜਨ, ਕੋਅਪਰੇਟਿਵ ਸੁਸਾਇਟੀਆਂ 'ਚ ਮਜ਼ਦੂਰਾਂ ਦਾ 25 ਫੀਸਦੀ ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਦੇਣ ਅਤੇ ਮਾਈਕਰੋਫਾਈਨਾਸ ਕੰਪਨੀਆਂ ਵੱਲੋਂ ਕਰਜ਼ੇ ਬਦਲੇ ਘਰੇਲੂ ਸਮਾਨ ਕੁਰਕ ਕਰਨ ਉਤੇ ਸਖ਼ਤੀ ਨਾਲ ਰੋਕ ਲਾਉਣ, ਨੀਲੇ ਕਾਰਡ ਧਾਰਕਾਂ ਨੂੰ ਕਫਾਇਤੀ ਦਰਾਂ 'ਤੇ ਡਿੱਪੂਆਂ ਰਾਹੀਂ ਕਣਕ ਤੋਂ ਇਲਾਵਾ ਦਾਲ,ਖੰਡ,ਪੱਤੀ ਤੇ ਹੋਰ ਰਸੋਈ ਵਰਤੋਂ ਦੀਆਂ ਵਸਤਾਂ ਮਹੁੱਈਆ ਕਰਾਉਣ,ਦਲਿਤਾਂ 'ਤੇ ਜ਼ਬਰ ਨਾਲ਼ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਪੁਲਿਸ ਅਧਿਕਾਰੀ ਈਸ਼ਵਰ ਸਿੰਘ ਦੀ ਅਗਵਾਈ ਹੇਠ ਸਿੱਟ ਦਾ ਗਠਨ ਕਰਕੇ 15 ਦਿਨਾਂ 'ਚ ਇਹਨਾਂ ਕੇਸਾਂ ਦਾ ਨਿਪਟਾਰਾ ਕਰਨ ਅਤੇ ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਵੀਰ ਸਿੰਘ ਦੇ ਮਾਮਲੇ ਚ ਬਣਾਈ ਸਿੱਟ ਦੀ ਰਿਪੋਰਟ ਦੋ ਤਿੰਨ ਦਿਨਾਂ 'ਚ ਜਾਰੀ ਕਰਨ ਸਮੇਤ ਕਈ ਮਸਲੇ ਹੱਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ। ਮਜ਼ਦੂਰ ਜਥੇਬੰਦੀਆਂ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ'ਤੇ ਦੇਣ ਨੂੰ ਯਕੀਨੀ ਬਣਾਉਣ ਵਾਸਤੇ ਹੁੰਦੀਆਂ ਡੰਮੀ ਬੋਲੀਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਕਦਮ ਚੁੱਕਣ ਚੁੱਕਣ 'ਤੇ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਇਸ ਮਸਲੇ ਬਾਰੇ ਜਲਦੀ ਵੱਖਰੀ ਮੀਟਿੰਗ ਦਾ ਭਰੋਸਾ ਦਿੰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਸਾਣੀਆਂ 'ਚ ਹੋਈ ਡੰਮੀ ਬੋਲੀ ਤੁਰੰਤ ਰੱਦ ਕਰਨ ਦੇ ਹੁਕਮ ਵੀ ਦਿੱਤੇ ਗਏ। ਉਹਨਾਂ ਕਰੋਨਾ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਵੀ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਨਰਮਾ ਖਰਾਬੇ ਦਾ 10 ਫੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਲਈ ਪਿੰਡਾਂ ਚ ਗ੍ਰਾਮ ਸਭਾਵਾਂ ਕਰਨ ਤੇ ਵੀ ਸਹਿਮਤੀ ਪ੍ਰਗਟਾਈ।ਮਜ਼ਦੂਰ ਜਥੇਬੰਦੀਆਂ ਵੱਲੋਂ ਮਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਸ ਸਕੀਮ ਚ ਹੁੰਦੇ ਭ੍ਰਿਸ਼ਟਾਚਾਰ ਬੰਦ ਕਰਨ , ਕੇਂਦਰ ਵੱਲੋਂ ਕਿਰਤ ਕਾਨੂੰਨਾਂ ਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ,ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਪਹਿਲ ਦੇਣ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਪੱਕੀ ਭਰਤੀ ਦੀ ਮੰਗ ਕੀਤੀ ਗਈ ਜਿਹਨਾਂ ਬਾਰੇ ਮੁੱਖ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ।
ਪਰ ਮੀਟਿੰਗ ਦੌਰਾਨ ਮਜ਼ਦੂਰਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਨੌਕਰੀ ਦੇਣ ਅਤੇ ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਤੋਂ ਇਲਾਵਾ ਬੁਢਾਪਾ ਪੈਨਸ਼ਨ ਦੀ ਉਮਰ ਹੱਦ ਘਟਾਕੇ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ ਦੀ ਮੰਗ ਉਤੇ ਮੁੱਖ ਮੰਤਰੀ ਵੱਲੋਂ ਸਹਿਮਤ ਹੋਣ ਦੇ ਬਾਵਜੂਦ ਪੇਚ ਫਸਿਆ ਰਿਹਾ। ਮਜ਼ਦੂਰ ਜਥੇਬੰਦੀਆਂ ਵੱਲੋਂ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਮਜ਼ਦੂਰਾਂ 'ਚ ਕਰਨ ਦਾ ਮੁੱਦਾ ਵੀ ਪੂਰੇ ਜ਼ੋਰ ਨਾਲ ਉਭਾਰਿਆ ਗਿਆ ਜਿਸ ਬਾਰੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਸਲੇ 'ਤੇ ਵੀ ਗੌਰ ਕਰਨ ਲਈ ਕਿਹਾ ਗਿਆ। ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੀਟਿੰਗ ਦੌਰਾਨ ਕੀਤੇ ਐਲਾਨਾਂ ਦੀ ਅਮਲਦਾਰੀ ਨੂੰ ਯਕੀਨੀ ਬਣਾਉਣ ਲਈ ਮਜ਼ਦੂਰ ਜਥੇਬੰਦੀਆਂ ਨਾਲ਼ 10 ਦਿਨਾਂ ਬਾਅਦ ਮੁੜ ਮੀਟਿੰਗ ਕਰਨ ਦਾ ਵੀ ਵਾਅਦਾ ਕੀਤਾ ਗਿਆ।
ਇਸ ਮੀਟਿੰਗ ਵਿੱਚ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਦਰਸ਼ਨ ਨਾਹਰ, ਦੇਵੀ ਕੁਮਾਰੀ, ਤਰਸੇਮ ਪੀਟਰ, ਭਗਵੰਤ ਸਿੰਘ ਸਮਾਓ, ਕੁਲਵੰਤ ਸਿੰਘ ਸੇਲਬਰਾਹ, ਸੰਜੀਵ ਮਿੰਟੂ, ਗੁਲਜ਼ਾਰ ਗੌਰੀਆ, ਜ਼ੋਰਾ ਸਿੰਘ ਨਸਰਾਲੀ, ਪ੍ਰਗਟ ਸਿੰਘ ਕਾਲਾਝਾੜ, ਬਲਦੇਵ ਸਿੰਘ ਨੂਰਪੁਰੀ, ਕਸ਼ਮੀਰ ਸਿੰਘ ਘੁੱਗਸੋ਼ਰ, ਮੱਖਣ ਸਿੰਘ ਰਾਮਗੜ੍ਹ ਤੇ ਬਲਵਿੰਦਰ ਸਿੰਘ ਜਲੂਰ ਸ਼ਾਮਲ ਹੋਏ।
ਮਜ਼ਦੂਰ ਜਥੇਬੰਦੀਆਂ ਨੇ ਆਖਿਆ ਕਿ ਮੁੱਖ ਮੰਤਰੀ ਨਾਲ਼ ਹੋਈ ਇਸ ਪੈਨਲ ਮੀਟਿੰਗ ਵਿੱਚ ਉਹਨਾਂ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਅਤੇ ਉਹ ਆਸ ਕਰਦੇ ਹਨ ਕਿ ਮੁੱਖ ਮੰਤਰੀ ਵੱਲੋਂ ਕੀਤੇ ਇਹਨਾਂ ਐਲਾਨਾਂ ਉਤੇ ਫੌਰੀ ਅਮਲ ਵਿੱਚ ਲਿਆਂਦਾ ਜਾਵੇਗਾ। ਉਹਨਾਂ ਆਖਿਆ ਕਿ ਹੁਣ ਤੱਕ ਸਰਕਾਰਾਂ ਦੇ ਐਲਾਨਾਂ ਤੇ ਅਮਲਾਂ ਵਿੱਚ ਵੱਡਾ ਪਾੜਾ ਰਹਿੰਦਾ ਰਿਹਾ ਹੈ ਇਸ ਲਈ ਜੇਕਰ ਉਹਨਾਂ ਦੀਆਂ ਮੰਨਿਆ ਹੋਈਆਂ ਉਕਤ ਮੰਗਾਂ 'ਤੇ ਤਸੱਲੀਬਖ਼ਸ਼ ਅਮਲ ਨਾਂ ਹੋਇਆ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਹੁਣ ਰੇਲਾਂ ਦਾ ਚੱਕਾ ਜਾਮ 12 ਦਸੰਬਰ ਨੂੰ ਕੀਤਾ ਜਾਵੇਗਾ ਜਿਹੜਾ ਕਿ ਪਹਿਲਾਂ 13 ਦਸੰਬਰ ਨੂੰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ 12 ਦਸੰਬਰ ਨੂੰ ਫਿਲੌਰ, ਅੰਮ੍ਰਿਤਸਰ 'ਚ ਮਾਨਾਂਵਾਲਾ, ਬਠਿੰਡਾ 'ਚ ਜੇਠੂਕੇ ਤੇ ਪਥਰਾਲਾ, ਮਾਨਸਾ , ਸੁਨਾਮ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੇ ਮੋਗਾ 'ਚ ਅਜਿੱਤਵਾਲਾ ਆਦਿ ਵਿਖੇ ਰੇਲਾਂ ਦਾ ਚੱਕਾ ਜਾਮ 12 ਤੋਂ 3 ਵਜੇ ਤੱਕ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 8ਤੋ 9 ਦਸੰਬਰ ਤੱਕ ਚੰਨੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।
ਹੁਣ ਦੇਖਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਦੀ ਲਾਜ ਰੱਖਣ ਲਈ ਕੀ ਕਦਮ ਚੁੱਕਦੀ ਹੈ ਅਤੇ ਹੋਰ ਕੀ ਕੀ ਕਰਦੀ ਹੈ ਕਿਓਂਕਿ ਸਭਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨਾ ਵੀ ਕੋਈ ਸੌਖਾ ਕੰਮ ਤਾਂ ਨਹੀਂ ਹੁੰਦਾ।
No comments:
Post a Comment